ਮੋਹਾਲੀ, 8 ਜੂਨ :
ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਪੰਜਾਬ ਸਰਕਾਰ ਉਤੇ ਲੋਕ ਵਿਰੋਧੀ ਨੀਤੀਆਂ ਅਪਨਾਉਣ ਸਮੇਤ ਧੱਕੇਸ਼ਾਹੀ ਦੇ ਦੋਸ਼ ਲਗਾਉਂਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਰੱਖੇ ਧਰਨੇ ਦੌਰਾਨ ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਨੇ ਸੈਕਟਰ-78 ਤੋਂ ਸੈਕਟਰ-79 ਸਥਿਤ ਵਿਧਾਇਕ ਕੁਲਵੰਤ ਸਿੰਘ ਦੇ ਦਫ਼ਤਰ ਵੱਲ ਰੋਸ ਮਾਰਚ ਕੀਤਾ। ਹਾਲਾਂਕਿ ਰਸਤੇ ਵਿੱਚ ਭਾਰੀ ਪੁਲਿਸ ਬਲ ਤਾਇਨਾਤ ਕਰਕੇ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਬਲਬੀਰ ਸਿੱਧੂ ਨੇ ਕਿਹਾ ਕਿ ਰੋਸ ਪ੍ਰਗਟ ਕਰਦਿਆਂ ਵਰਕਰਾਂ ਨੇ ਸੜਕ ਉੱਤੇ ਝਾੜੂ ਖਿਲਾਰ ਕੇ ਇਹ ਸੰਦੇਸ਼ ਦਿੱਤਾ ਕਿ ਜਿਸ ਤਰ੍ਹਾਂ ਅੱਜ ਇਹ ਝਾੜੂ ਸੜਕਾਂ ‘ਤੇ ਖਿਲਾਰਿਆ ਹੈ, ਉਸੇ ਤਰ੍ਹਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਖਿਲਾਰਨਗੇ।
ਸਿੱਧੂ ਨੇ ਕਿਹਾ ਕਿ ਪੰਜਾਬ ਦੇ ਲੋਕ ਪੰਜਾਬ ਸਰਕਾਰ ਦੀਆਂ ਨਾਕਾਮੀਆਂ, ਝੂਠੇ ਵਾਅਦਿਆਂ ਅਤੇ ਤਾਨਾਸ਼ਾਹੀ ਰਵੱਈਏ ਤੋਂ ਅੱਕ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲੋਕਤੰਤਰਿਕ ਕਦਰਾਂ-ਕੀਮਤਾਂ ਨੂੰ ਲਗਾਤਾਰ ਕੁਚਲਿਆ ਜਾ ਰਿਹਾ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਉਸ ਆਵਾਜ਼ ਨੂੰ ਦਬਾਉਣ ਵਿੱਚ ਲੱਗੀ ਹੋਈ ਹੈ ਜੋ ਇਸ ਦੀਆਂ ਨਾਕਾਮੀਆਂ ਅਤੇ ਲੋਕ ਵਿਰੋਧੀ ਫੈਸਲਿਆਂ ਖ਼ਿਲਾਫ਼ ਬੋਲਦੀ ਹੈ। ਕੁਝ ਦਿਨ ਪਹਿਲਾਂ ਟਾਂਡਾ ਦੇ ਕਾਂਗਰਸੀ ਵਰਕਰ ਅਰਸ਼ਦੀਪ ਸਿੰਘ ਨੂੰ ਝਾੜੂ ਦੀ ਕਥਿਤ “ਬੇਅਦਬੀ” ਦੇ ਨਾਮ ‘ਤੇ ਗ੍ਰਿਫ਼ਤਾਰ ਕਰਨਾ ਇਸ ਗੱਲ ਦਾ ਸਪੱਸ਼ਟ ਸਬੂਤ ਹੈ ਕਿ ਪੰਜਾਬ ਸਰਕਾਰ ਆਪਣੇ ਸਿਆਸੀ ਵਿਰੋਧੀਆਂ ਨੂੰ ਡਰਾਉਣ ਅਤੇ ਦਬਾਉਣ ਲਈ ਪੁਲਿਸ ਪ੍ਰਸ਼ਾਸਨ ਦੀ ਦੁਰਵਰਤੋਂ ਕਰ ਰਹੀ ਹੈ। ਜੇਕਰ ਕਿਸੇ ਸਿਆਸੀ ਪਾਰਟੀ ਦੇ ਚੋਣ ਨਿਸ਼ਾਨ ਦੇ ਮਾਮਲੇ ਵਿੱਚ ਤੁਰੰਤ ਕਾਰਵਾਈ ਹੋ ਸਕਦੀ ਹੈ ਤਾਂ ਫਿਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਅਸਲ ਦੋਸ਼ੀਆਂ ਨੂੰ ਅੱਜ ਤੱਕ ਸਜ਼ਾ ਕਿਉਂ ਨਹੀਂ ਮਿਲੀ? ਕੀ ਇਸ ਸਰਕਾਰ ਲਈ ਇੱਕ ਪਾਰਟੀ ਦਾ ਨਿਸ਼ਾਨ ਪੰਜਾਬੀਆਂ ਦੀਆਂ ਧਾਰਮਿਕ ਭਾਵਨਾਵਾਂ ਤੋਂ ਵੀ ਵੱਧ ਅਹਿਮ ਹੋ ਗਿਆ ਹੈ?
ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਰੋਧੀ ਧਿਰਾਂ, ਸਮਾਜਿਕ ਕਾਰਕੁਨਾਂ, ਮੁਲਾਜ਼ਮ ਜਥੇਬੰਦੀਆਂ ਅਤੇ ਆਮ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਸੁਣਨ ਦੀ ਬਜਾਏ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਰੁਝਾਨ ਲੋਕਤੰਤਰ ਲਈ ਬਹੁਤ ਹੀ ਖ਼ਤਰਨਾਕ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਉਸ ਵਿਅਕਤੀ, ਜਥੇਬੰਦੀ ਜਾਂ ਸਿਆਸੀ ਧਿਰ ਨੂੰ ਨਿਸ਼ਾਨਾ ਬਣਾ ਰਹੀ ਹੈ ਜੋ ਸਰਕਾਰ ਦੀਆਂ ਨਾਕਾਮੀਆਂ ਬਾਰੇ ਸਵਾਲ ਪੁੱਛ ਰਹੀ ਹੈ। ਪਰ ਪੰਜਾਬ ਦੇ ਲੋਕ ਇਸ ਧੱਕੇਸ਼ਾਹੀ ਅਤੇ ਤਾਨਾਸ਼ਾਹੀ ਅੱਗੇ ਝੁਕਣ ਵਾਲੇ ਨਹੀਂ ਹਨ। ਕਾਂਗਰਸ ਪਾਰਟੀ ਲੋਕਾਂ ਦੀ ਆਵਾਜ਼ ਬਣ ਕੇ ਹਰ ਜ਼ੁਲਮ, ਧੱਕੇਸ਼ਾਹੀ ਅਤੇ ਲੋਕਤੰਤਰ ਵਿਰੋਧੀ ਕਦਮ ਦਾ ਡਟ ਕੇ ਵਿਰੋਧ ਕਰਦੀ ਰਹੇਗੀ।
ਸਿੱਧੂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਦੀ ਧਰਤੀ ਨੇ ਹਮੇਸ਼ਾ ਜ਼ੁਲਮ ਅਤੇ ਤਾਨਾਸ਼ਾਹੀ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਹੈ। ਮੌਜੂਦਾ ਸਰਕਾਰ ਨੂੰ ਵੀ ਇਹ ਸਮਝ ਲੈਣਾ ਚਾਹੀਦਾ ਹੈ ਕਿ ਡੰਡੇ, ਝੂਠੇ ਪਰਚਿਆਂ ਅਤੇ ਧਮਕੀਆਂ ਨਾਲ ਲੋਕਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਜੇਕਰ ਸਰਕਾਰ ਨੇ ਆਪਣੀ ਧੱਕੇਸ਼ਾਹੀ ਅਤੇ ਬਦਲਾਖੋਰੀ ਦੀ ਰਾਜਨੀਤੀ ਬੰਦ ਨਾ ਕੀਤੀ ਤਾਂ ਕਾਂਗਰਸ ਪਾਰਟੀ ਸੂਬਾ ਪੱਧਰ ‘ਤੇ ਵੱਡਾ ਲੋਕ ਅੰਦੋਲਨ ਸ਼ੁਰੂ ਕਰੇਗੀ ਅਤੇ ਲੋਕਾਂ ਦੇ ਹੱਕਾਂ ਦੀ ਰੱਖਿਆ ਲਈ ਹਰ ਸੰਵਿਧਾਨਕ ਲੜਾਈ ਲੜੀ ਜਾਵੇਗੀ।
ਇਸ ਰੋਸ ਧਰਨੇ ਨੂੰ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੈਅਰਮੈਨ ਅਤੇ ਸਾਬਕਾ ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਅਤੇ ਸ੍ਰੀ ਹਰਦਿਆਲ ਚੰਦ ਨੇ ਵੀ ਸੰਬੋਧਨ ਕੀਤਾ।



